ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਮੰਗਲਵਾਰ ਨੂੰ ਹਾਈ ਕੋਰਟ ਵਿੱਚ ਹੋਵੇਗੀ। ਦੱਸ ਦਈਏ ਕਿ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਿਕਰਮਜੀਤ ਸਿੰਘ ਦੇ ਵੱਲੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਉਨ੍ਹਾਂ ਅੰਮ੍ਰਿਤਪਾਲ ਸਿੰਘ ‘ਤੇ ਜਾਣਕਾਰੀ ਛੁਪਾਉਣ ਦੇ ਗੰਭੀਰ ਦੋਸ਼ ਲਾਏ ਹਨ।
ਅੰਮ੍ਰਿਤਪਾਲ ਤੇ ਲਾਏ ਜਾਣਕਾਰੀ ਲੁਕਾਉਣ ਦੇ ਆਰੋਪ
ਵਿਕਰਮਜੀਤ ਨੇ ਕੇਸ ਵਿੱਚ ਪੰਜਾਬ ਚੋਣ ਕਮਿਸ਼ਨ ਦੇ ਖਰਚਾ ਅਫਸਰ, ਚੋਣ ਕਮਿਸ਼ਨ, ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫਸਰ,ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਧਿਰ ਬਣਾਇਆ ਹੈ। ਉਸ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਅੰਮ੍ਰਿਤਪਾਲ ਦਾ ਨਾਮਜ਼ਦਗੀ ਪੱਤਰ ਅਧੂਰਾ ਹੈ। ਫੰਡ, ਦਾਨ ਅਤੇ ਖਰਚੇ ਬਾਰੇ ਜਾਣਕਾਰੀ ਲੁਕਾਈ ਗਈ ਹੈ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਲਏ ਬਿਨਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕੀਤਾ ਗਿਆ।
ਜੇਲ੍ਹ ਤੋਂ ਚੋਣ ਲੜੇ ਸਨ ਲੋਕ ਸਭਾ ਦੀ ਚੋਣ
ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਡਿੱਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਨੇ ਲੋਕ ਸਭਾ ਦੀ ਚੋਣ ਵੀ ਜੇਲ੍ਹ ਅੰਦਰੋਂ ਹੀ ਲੜੀ ਸੀ। ਲੋਕ ਸਭਾ ਚੋਣਾਂ ਦੌਰਾਨ ਵੀ ਉਹ ਆਪਣੇ ਇਲਾਕੇ ਵਿੱਚ ਚੋਣ ਪ੍ਰਚਾਰ ਕਰਨ ਵੀ ਨਹੀਂ ਆਏ ਸਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਸਭ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤਪਾਲ ਲਈ ਚੋਣ ਪ੍ਰਚਾਰ ਕੀਤਾ ਸੀ। ਅੰਮ੍ਰਿਤਪਾਲ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਨਾਲ ਹਰਾਇਆ।