ਪੰਜਾਬ ਨਿਊਜ਼। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ 22 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੰਤਰੀ ਅਮਨ ਅਰੋੜਾ ਨੂੰ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਜਦਕਿ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ (ਐਕਸ) ‘ਤੇ ਪੋਸਟ ਕਰਕੇ ਦਿੱਤੀ ਹੈ। ਪਹਿਲਾਂ ਤਾਂ ਸੀਐਮ ਵੱਲੋਂ ਅਮਨ ਅਰੋੜਾ ਨੂੰ ਪ੍ਰਧਾਨ ਅਤੇ ਸ਼ੈਰੀ ਕਲਸੀ ਨੂੰ ਮੀਤ ਪ੍ਰਧਾਨ ਬਣਾਉਣ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਸੀ, ਪਰ ਇਸ ਤੋਂ ਤੁਰੰਤ ਬਾਅਦ ਸੀਐਮ ਵੱਲੋਂ ਦੁਬਾਰਾ ਪੋਸਟ ਕਰ ਦਿੱਤੀ ਗਈ। ਜਿਸ ਵਿੱਚ ਕਿਹਾ ਗਿਆ ਸੀ ਕਿ ਸ਼ੈਰੀ ਕਲਸੀ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਪੜੋ ਸੀਐੱਮ ਮਾਨ ਨੇ ਪੋਸਟ ਵਿੱਚ ਕੀ ਲਿਖਿਆ
ਸੀਐਮ ਨੇ ਇੱਕ ਹੋਰ ਪੋਸਟ ਵਿੱਚ ਲਿਖਿਆ- ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀਆਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਵਜੋਂ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਆਉਣ ਵਾਲੇ ਸਮੇਂ ‘ਚ ਉਹ ਪੰਜਾਬ ‘ਚ ਪਾਰਟੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਕੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ। ਇਸ ਤੋਂ ਪਹਿਲਾਂ ਜੂਨ 2023 ਵਿੱਚ, ਪ੍ਰੋਫੈਸਰ ਬੁੱਧ ਰਾਮ ਨੂੰ ਕਾਰਜਕਾਰੀ ਮੁਖੀ ਬਣਾਇਆ ਗਿਆ ਸੀ।
‘ਆਪ’ ਕਾਂਗਰਸ ਦੇ ਫਾਰਮੂਲੇ ਤੇ ਚੱਲੀ
‘ਆਪ’ ਨੇ ਪੰਜਾਬ ‘ਚ ਹਿੰਦੂ-ਸਿੱਖਾਂ ਦੇ ਸੁਮੇਲ ਦਾ ਅਮਲ ਅਪਣਾਇਆ ਹੈ। ਇਸ ਵਿੱਚ ਭਗਵੰਤ ਮਾਨ ਸਿੱਖ ਚਿਹਰੇ ਵਜੋਂ ਮੁੱਖ ਮੰਤਰੀ ਹੋਣਗੇ। ਅਮਨ ਅਰੋੜਾ ਪ੍ਰਧਾਨ ਨੂੰ ਹਿੰਦੂ ਚਿਹਰਾ ਬਣਾਇਆ ਗਿਆ ਹੈ। ਪਹਿਲਾਂ ਕਾਂਗਰਸ ਇਸ ਫਾਰਮੂਲੇ ‘ਤੇ ਕੰਮ ਕਰਦੀ ਸੀ। ਜਦੋਂ ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰ ਵਿੱਚ ਮੁੱਖ ਮੰਤਰੀ ਸਨ ਤਾਂ ਸੁਨੀਲ ਜਾਖੜ ਨੂੰ ਮੁੱਖ ਹਿੰਦੂ ਚਿਹਰਾ ਬਣਾਇਆ ਗਿਆ ਸੀ।