Weather Update: ਅਗਲੇ ਤਿੰਨ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿਭਾਗ ਦੇ ਵੱਲੋਂ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 29 ਨਵੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 29 ਡਿਗਰੀ ਦਰਜ ਕੀਤਾ ਗਿਆ ਹੈ।
ਜਦੋਂ ਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 25.7 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਚੰਡੀਗੜ੍ਹ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਸੁਧਰਨਾ ਸ਼ੁਰੂ ਹੋ ਗਿਆ ਹੈ। ਪਰ ਹਾਲਾਤ ਪੰਜਾਬ ਨਾਲੋਂ ਵੀ ਮਾੜੇ ਹਨ।
ਪਰਾਲੀ ਸਾੜਨ ਦੇ ਮਾਮਲੇ ਘਟੇ ਪਰ AQI ਅਜੇ ਵੀ ਖਰਾਬ
ਭਾਵੇਂ ਹੁਣ ਪਰਾਲੀ ਸਾੜਨ ਦੇ ਮਾਮਲੇ ਘੱਟ ਰਹੇ ਹਨ, ਫਿਰ ਵੀ AQI ਦਾ ਪੱਧਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਜੇਕਰ ਸਵੇਰੇ 5 ਵਜੇ ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਦੀ ਗੱਲ ਕਰੀਏ ਤਾਂ ਮੁਹਾਲੀ ਦੇ ਨਾਲ ਲੱਗਦੇ ਸੈਕਟਰ-53 ਵਿੱਚ AQI 210 ਦਰਜ ਕੀਤਾ ਗਿਆ ਹੈ।
ਜਦੋਂ ਕਿ ਵੀਆਈਪੀ ਸੈਕਟਰ-22 ਵਿੱਚ ਏਕਿਊਆਈ 117 ਅਤੇ ਸੈਕਟਰ-25 ਵਿੱਚ ਏਕਿਊਆਈ 149 ਰਿਕਾਰਡ ਕੀਤਾ ਗਿਆ ਹੈ। ਪੰਜਾਬ ਵਿੱਚ ਅੰਮ੍ਰਿਤਸਰ ਦਾ AQI 170, ਬਠਿੰਡਾ ਦਾ AQI 154, ਜਲੰਧਰ ਦਾ AQI 154, ਖੰਨਾ ਦਾ AQI 105, ਲੁਧਿਆਣਾ ਦਾ AQI 208, ਮੰਡੀ ਗੋਬਿੰਦਗੜ੍ਹ ਦਾ AQI 150, ਪਟਿਆਲਾ ਦਾ AQI 119 ਹੈ।
ਤੇਜ਼ੀ ਨਾਲ ਡਿੱਗ ਰਿਹਾ ਤਾਪਮਾਨ
ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਦਾ ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ। ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ ਰਾਤ ਦਾ ਤਾਪਮਾਨ 8.0 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਬਾਅਦ ਬਠਿੰਡਾ ਤੇ ਗੁਰਦਾਸਪੁਰ ਦਾ ਨੰਬਰ ਆਉਂਦਾ ਹੈ ਜਿੱਥੇ ਤਾਪਮਾਨ ਨੌਂ ਡਿਗਰੀ ਰਿਹਾ। ਜਦੋਂ ਕਿ ਚੰਡੀਗੜ੍ਹ ਵਿੱਚ ਰਾਤ ਦਾ ਵੱਧ ਤੋਂ ਵੱਧ ਤਾਪਮਾਨ 10.7 ਡਿਗਰੀ ਦਰਜ ਕੀਤਾ ਗਿਆ।