Punjab News: ਅੱਜ ਕਿਸਾਨਾਂ ਨੇ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਲਖਮੀਰਪੁਰ ਖੀਰੀ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ‘ਚ ਕਰੀਬ 36 ਥਾਵਾਂ ‘ਤੇ ਦੋ ਘੰਟੇ ਰੇਲ ਪਟੜੀਆਂ ‘ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਦੁਪਹਿਰ 12:30 ਤੋਂ 2:30 ਵਜੇ ਤੱਕ ਚੱਲਿਆ। ਇਸ ਦੌਰਾਨ ਕਈ ਟਰੇਨਾਂ ਪ੍ਰਭਾਵਿਤ ਹੋਈਆਂ। ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਹ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਗਠਨ ਦੇ ਬੈਨਰ ਹੇਠ ਹੋਇਆ। ਧਰਨੇ ਦੌਰਾਨ ਚੰਡੀਗੜ੍ਹ, ਅੰਬਾਲਾ, ਅੰਮ੍ਰਿਤਸਰ, ਲੁਧਿਆਣਾ ਅਤੇ ਜੰਮੂ ਮਾਰਗ ਪੂਰੀ ਤਰ੍ਹਾਂ ਪ੍ਰਭਾਵਿਤ ਰਹੇ।
ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼
ਅੰਮ੍ਰਿਤਸਰ ‘ਚ ਰੇਲ ਰੋਕੋ ਅੰਦੋਲਨ ‘ਚ ਪਹੁੰਚੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜੇਕਰ ਲਖੀਮਪੁਰ ਕਾਂਡ ਵਿੱਚ ਬਿੱਟੂ ਦੇ ਸਾਥੀਆਂ ਦੀ ਮੌਤ ਹੋ ਜਾਂਦੀ ਤਾਂ ਉਨ੍ਹਾਂ ਦੀ ਕੀ ਹਾਲਤ ਹੋਣੀ ਸੀ। ਉਨ੍ਹਾਂ ਕੰਗਨਾ ਨੂੰ ਮੂਰਖ ਦੱਸਦੇ ਹੋਏ ਕਿਹਾ ਕਿ ਕੇਂਦਰ ਅਤੇ ਭਾਜਪਾ ਨੇਤਾਵਾਂ ਦੇ ਇਸ਼ਾਰੇ ‘ਤੇ ਕੰਗਣਾ ਅਤੇ ਬਿੱਟੂ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਰਵਣ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਆੜ੍ਹਤੀਆਂ ਅਤੇ ਮਜ਼ਦੂਰ ਜਥੇਬੰਦੀਆਂ ਦੀਆਂ ਮੰਗਾਂ ਨੂੰ ਸਮੇਂ ਸਿਰ ਮੰਨ ਕੇ ਹੜਤਾਲ ਖਤਮ ਨਾ ਕਰਵਾਈ ਤਾਂ ਕਿਸਾਨ ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋਣਗੇ।
ਇਸ ਦੇ ਨਾਲ ਹੀ ਰੋਸ ਪ੍ਰਦਰਸ਼ਨ ਦੌਰਾਨ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਬੀਕੇਯੂ ਦੇ ਆਗੂ ਹਰਜਿੰਦਰ ਸਿੰਘ ਨੇ ਦੱਸਿਆ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਤਿੰਨ ਸਾਲਾਂ ਤੋਂ ਇਨਸਾਫ਼ ਨਹੀਂ ਮਿਲਿਆ। ਭਾਜਪਾ ਆਗੂ ਦੇ ਪੁੱਤਰ ਨੇ ਕਈ ਕਿਸਾਨਾਂ ਨੂੰ ਕੁਚਲਿਆ ਸੀ। ਜਿਸ ਕਾਰਨ ਅੱਜ ਸਾਨੂੰ ਟਰੇਨ ਰੋਕਣੀ ਪਈ।
ਸ਼ੰਭੂ ਸਰਹੱਦ ਨੇੜੇ ਟਰੈਕ ’ਤੇ ਬੈਠੇ ਕਿਸਾਨ
ਸ਼ੰਭੂ ਸਰਹੱਦ ‘ਤੇ ਵੀ ਕਿਸਾਨ ਰੇਲ ਪਟੜੀ ‘ਤੇ ਬੈਠੇ ਸਨ। ਇਸ ਤੋਂ ਇਲਾਵਾ ਪਟਿਆਲਾ, ਲੁਧਿਆਣਾ, ਬਠਿੰਡਾ, ਫ਼ਿਰੋਜ਼ਪੁਰ ਵਿੱਚ ਕਿਸਾਨ ਪਟੜੀਆਂ ’ਤੇ ਬੈਠੇ ਰਹੇ। ਕਿਸਾਨਾਂ ਨੇ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਾ ਹੈ। ਮਜਬੂਰੀ ਵਿੱਚ ਉਨ੍ਹਾਂ ਨੇ ਇਹ ਰਾਹ ਚੁਣਿਆ ਹੈ।ਸ ਇਸ ਸਾਲ ਇਹ ਤੀਜੀ ਵਾਰ ਹੈ ਜਦੋਂ ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕੀਤਾ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ 15 ਫਰਵਰੀ ਨੂੰ ਅੰਮ੍ਰਿਤਸਰ ਵਿੱਚ ਪਹਿਲੀ ਵਾਰ ਰੇਲ ਮਾਰਗ ਜਾਮ ਕੀਤਾ ਸੀ। ਫਿਰ 16 ਅਪ੍ਰੈਲ ਨੂੰ ਸ਼ੰਭੂ ਟ੍ਰੈਕ ‘ਤੇ ਧਰਨਾ ਸ਼ੁਰੂ ਹੋਇਆ, ਜੋ ਕਰੀਬ 34 ਦਿਨਾਂ ਤੱਕ ਜਾਰੀ ਰਿਹਾ।