Kisaan Andolan: ਐੱਮਐੱਸਪੀ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਵੀਰਵਾਰ ਨੂੰ 38ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉੱਥੇ ਹੀ ਅੱਜ ਡੱਲੇਵਾਲ ਨੂੰ ਹਸਪਤਾਲ ਵਿੱਚ ਸ਼ਿਫਟ ਨੂੰ ਕਰਨ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਫਿਰ ਤੋਂ ਸੁਣਵਾਈ ਹੋ ਰਹੀ ਹੈ ਜਿਸ ਵਿੱਚ ਪੰਜਾਬ ਸਰਕਾਰ ਆਪਣੀ ਰਿਪੋਰਟ ਪੇਸ਼ ਕਰੇਗੀ। ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵਿੱਚ ਸੂਬਾ ਸਰਕਾਰ ਨੇ ਦੱਸਿਆ ਸੀ ਕਿਸਾਨ ਗੱਲਬਾਤ ਲਈ ਰਾਜ਼ੀ ਹਨ ਜਿਸਦੇ ਚਲਦੇ ਕੋਰਟ ਨੇ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਵਿੱਚ ਸ਼ਿਫਟ ਕਰਨ ਲਈ 3 ਦਿਨ ਦਾ ਹੋਰ ਸਮਾਂ ਦਿੱਤਾ ਸੀ। ਅੱਜ ਦੀ ਸੁਣਵਾਈ ਵਿੱਚ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਵਿੱਚ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ।
ਪੰਧੇਰ ਨੇ ਕਿਹਾ- ਡੱਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੇ ਮਰਨ ਵਰਤ ਨੂੰ 38 ਦਿਨ ਹੋ ਗਏ ਹਨ। ਇਹ ਮਰਨ ਵਰਤ ਗੱਲਬਾਤ ਲਈ ਨਹੀਂ ਸਗੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਸ਼ੁਰੂ ਕੀਤਾ ਗਿਆ ਹੈ। ਇਹ ਵਰਤ ਇਸੇ ਤਰ੍ਹਾਂ ਜਾਰੀ ਰਹੇਗਾ। ਦਿੱਲੀ ਮਾਰਚ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। 4 ਜਨਵਰੀ ਨੂੰ ਖਨੌਰੀ ਵਿੱਚ ਵੱਡੀ ਪੰਚਾਇਤ ਹੋਵੇਗੀ।
ਕਿਸਾਨਾਂ ਨੇ ਨਵਾਂ ਸਾਲ ਨਹੀਂ ਮਨਾਇਆ
ਪੰਧੇਰ ਨੇ ਅੱਗੇ ਕਿਹਾ ਕਿ ਜਿੱਥੇ ਪੂਰਾ ਵਿਸ਼ਵ ਨਵੇਂ ਸਾਲ ਦਾ ਜਸ਼ਨ ਮਨਾ ਰਿਹਾ ਹੈ, ਉੱਥੇ ਕਿਸਾਨ ਆਪਣੇ ਪਰਿਵਾਰਾਂ ਤੋਂ ਦੂਰ ਕੜਾਕੇ ਦੀ ਠੰਡ ਵਿੱਚ ਸਰਹੱਦਾਂ ‘ਤੇ ਫਸੇ ਹੋਏ ਹਨ। ਕਿਸਾਨਾਂ ਲਈ ਕੋਈ ਨਵਾਂ ਸਾਲ ਨਹੀਂ ਹੈ। ਜਦੋਂ ਕਿ ਉਨ੍ਹਾਂ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ‘ਤੇ ਹਨ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਲਗਾਤਾਰ ਮੰਗਾਂ ਦੇ ਬਾਵਜੂਦ ਕੇਂਦਰ ਸਰਕਾਰ ਮੰਗਾਂ ਸਬੰਧੀ ਗੱਲਬਾਤ ਵੱਲ ਕੋਈ ਕਦਮ ਨਹੀਂ ਚੁੱਕ ਰਹੀ।
ਡੱਲੇਵਾਲ ਦੀ ਹਾਲਤ ਨਾਜ਼ੁਕ, ਬੋਲਣ ‘ਚ ਦਿੱਕਤ
ਭੁੱਖ ਹੜਤਾਲ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਨੇ ਮੀਡੀਆ ਬੁਲੇਟਿਨ ਜਾਰੀ ਕਰਕੇ ਕਿਹਾ ਹੈ ਕਿ ਹੁਣ ਉਨ੍ਹਾਂ ਨੂੰ ਬੋਲਣ ‘ਚ ਵੀ ਮੁਸ਼ਕਲ ਆ ਰਹੀ ਹੈ। ਉਸ ਦਾ ਸਰੀਰ ਬਹੁਤ ਕਮਜ਼ੋਰ ਹੋ ਗਿਆ ਹੈ। ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਅਤੇ ਧੌਰਾਹਾਰਾ ਤੋਂ ਸਮਾਜਵਾਦੀ ਪਾਰਟੀ ਦੇ ਦੋ ਸੰਸਦ ਮੈਂਬਰ ਆਨੰਦ ਭਦੌਰੀਆ ਅਤੇ ਉਤਕਰਸ਼ ਵਰਮਾ ਆਪਣੇ ਵਫਦ ਸਮੇਤ ਡੱਲੇਵਾਲ ਨੂੰ ਮਿਲਣ ਆਏ ਅਤੇ ਪਾਰਟੀ ਦੀ ਤਰਫੋਂ ਸਮਰਥਨ ਪੱਤਰ ਸੌਂਪਿਆ। ਪੰਜਾਬੀ ਗਾਇਕ ਬੱਬੂ ਮਾਨ ਵੀ ਉਨ੍ਹਾਂ ਦਾ ਹਾਲ-ਚਾਲ ਪੁੱਛਣ ਪਹੁੰਚੇ। JJP ਨੇਤਾ ਦਿਗਵਿਜੇ ਚੌਟਾਲਾ ਖਨੌਰੀ ਮੋਰਚੇ ‘ਚ ਆਪਣਾ ਸਮਰਥਨ ਦੇਣ ਪਹੁੰਚੇ।