Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਐਕਸ਼ਨ ਮੋਡ ਵਿੱਚ ਆ ਗਏ ਹਨ। ਆਪਣੀ ਰਿਹਾਇਸ਼ ’ਤੇ ਪਹੁੰਚਦਿਆਂ ਹੀ ਉਨ੍ਹਾਂ ਨੇ ਝੋਨੇ ਦੀ ਖਰੀਦ ਦੀਆਂ ਤਿਆਰੀਆਂ ਸਬੰਧੀ ਮੰਤਰੀਆਂ, ਅਧਿਕਾਰੀਆਂ ਅਤੇ ਆੜ੍ਹਤੀਆਂ ਦੇ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤਾ। ਪੋਸਟ ਵਿੱਚ ਉਨ੍ਹਾਂ ਲਿਖਿਆ ਕਿ- ਅੱਜ ਝੋਨੇ ਦੀ ਸਰਕਾਰੀ ਖਰੀਦ ਨੂੰ ਲੈਕੇ ਅਫ਼ਸਰਾਂ ਨਾਲ ਆਪਣੀ ਰਿਹਾਇਸ਼ ‘ਤੇ ਮੀਟਿੰਗ ਕੀਤੀ…ਸਰਕਾਰ ਵੱਲੋਂ ਖਰੀਦ ਨੂੰ ਲੈਕੇ ਸਾਰੀਆਂ ਤਿਆਰੀਆਂ ਮੁਕੰਮਲ ਨੇ…ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ…ਦਾਣਾ-ਦਾਣਾ ਚੁੱਕਿਆ ਜਾਵੇਗਾ…ਸਾਰੇ DCs ਨੂੰ ਵੀ ਮੰਡੀਆਂ ‘ਚ ਤਿਆਰੀਆਂ ਦਾ ਜਾਇਜ਼ਾ ਲੈਣ ਨੂੰ ਕਿਹਾ ਗਿਆ ਹੈ… ਕਿਸਾਨਾਂ ਦੇ ਨਾਲ ਨਾਲ ਸ਼ੈਲਰ ਵਾਲਿਆਂ ਤੇ ਆੜ੍ਹਤੀਆਂ ਨੂੰ ਵੀ ਕੋਈ ਸਮੱਸਿਆ ਨਹੀਂ ਆਵੇਗੀ…ਕਿਸਾਨਾਂ ਦੀ ਫ਼ਸਲ ਮੰਡੀਆਂ ‘ਚ ਆਉਂਦੇ ਹੀ ਅਦਾਇਗੀ ਕੀਤੀ ਜਾਵੇਗੀ.
ਸਾਰੇ ਟੈਸਟ ਨਾਰਮਲ ਆਉਣ ਤੋਂ ਬਾਅਦ ਮਿਲੀ ਛੁੱਟੀ
ਫੋਰਟਿਸ ਹਸਪਤਾਲ ਦੇ ਕਾਰਡੀਓਲਾਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾਕਟਰ ਆਰਕੇ ਜਸਵਾਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਐਤਵਾਰ ਦੁਪਹਿਰ 2 ਵਜੇ ਇੱਥੋਂ ਛੁੱਟੀ ਦੇ ਦਿੱਤੀ ਗਈ। ਉਸ ਦੇ ਸਾਰੇ ਮਾਪਦੰਡ ਅਤੇ ਪੈਥੋਲੋਜੀਕਲ ਟੈਸਟ ਨਾਰਮਲ ਸਨ, ਜਿਸ ਤੋਂ ਬਾਅਦ ਡਾਕਟਰਾਂ ਨੇ ਮੁੱਖ ਮੰਤਰੀ ਨੂੰ ਛੁੱਟੀ ਦੇਣ ਦਾ ਫੈਸਲਾ ਕੀਤਾ।
ਦਿੱਲੀ ਤੋਂ ਆਉਣ ਤੋਂ ਬਾਅਦ ਵਿਗੜੀ ਸੀ ਸੀਐੱਮ ਦੀ ਸਿਹਤ
ਸੀਐਮ ਭਗਵੰਤ ਮਾਨ ਇਸ ਤੋਂ ਪਹਿਲਾਂ 13 ਸਤੰਬਰ ਨੂੰ ਦਿੱਲੀ ਚਲੇ ਗਏ ਸਨ, ਜਦੋਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ ਸੀ। ਇਸ ਤੋਂ ਬਾਅਦ ਜਦੋਂ ਉਹ 17 ਸਤੰਬਰ ਨੂੰ ਚੰਡੀਗੜ੍ਹ ਪਰਤੇ ਤਾਂ ਏਅਰਪੋਰਟ ‘ਤੇ ਉਨ੍ਹਾਂ ਦੀ ਸਿਹਤ ਵਿਗੜ ਗਈ। ਉਸ ਸਮੇਂ ਉਨ੍ਹਾਂ ਨੂੰ ਦਿੱਲੀ ਲਿਜਾਇਆ ਗਿਆ। ਹਾਲਾਂਕਿ ਪਾਰਟੀ ਨੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ ਕਿ ਉਹ ਬਿਲਕੁਲ ਫਿੱਟ ਹਨ। ਇਸ ਤੋਂ ਬਾਅਦ ਉਹ 19 ਸਤੰਬਰ ਤੋਂ ਲਗਾਤਾਰ ਸਰਗਰਮ ਸਨ। ਇਸ ਦੌਰਾਨ ਉਨ੍ਹਾਂ ਨੇ ਕਈ ਮੀਟਿੰਗਾਂ ਵਿੱਚ ਹਿੱਸਾ ਲਿਆ। ਲੁਧਿਆਣਾ ਵਿੱਚ ਵੀ ਰੈਲੀਆਂ ਕੀਤੀਆਂ। ਮੰਤਰੀ ਮੰਡਲ ਵਿੱਚ ਫੇਰਬਦਲ ਵੀ ਹੋਇਆ।